Bhai Gurbaksh Singh Khalsa

ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਜਲ ਪ੍ਰਵਾਹ

ਕੀਰਤਪੁਰ ਸਾਹਿਬ:  ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਪਿਛਲੇ ਦਿਨੀਂ  ਪਾਣੀ ਵਾਲੀ ਟੈਂਕੀ ਤੋਂ ਕੁੱਦ ਕੇ ਜਾਨ ਦੇਣ ਵਾਲੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਇੱਕ ਕਾਫ਼ਲੇ ਦੇ ਰੂਪ ਵਿੱਚ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਲਿਆਂਦੀਆਂ ਗਈਆਂ।

 

ਇਸ ਤੋਂ ਪਹਿਲਾਂ ਇਹ ਕਾਫ਼ਲਾ ਉਨ੍ਹਾਂ ਦੇ ਜੱਦੀ ਪਿੰਡ ਠਸਕਾ ਅਲੀ ਤੋਂ ਤਿੰਨ ਤਖ਼ਤਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਅੱਜ ਸਵੇਰੇ ਇਹ ਕਾਫ਼ਲਾ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਪਹੁੰਚਿਆ।

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਘਾਟ ਉੱਪਰ ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ ਅਰਦਾਸ ਕੀਤੀ ਗਈ ਜਿਸ ਤੋਂ ਬਾਅਦ ਅਸਥੀਆਂ ਸਤਲੁਜ ਦਰਿਆ ਵਿੱਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਦੌਰਾਨ ਲੋਕਾਂ ਵੱਲੋਂ ‘ਭਾਈ ਗੁਰਬਖਸ਼ ਸਿੰਘ ਖ਼ਾਲਸਾ ਅਮਰ ਰਹੇ’ ਤੇ ‘ਬੰਦੀ ਸਿੰਘਾਂ ਨੂੰ ਰਿਹਾਅ ਕਰੋ’ ਦੇ ਨਾਅਰੇ ਵੀ ਲਾਏ ਗਏ। ਇਸ ਮੌਕੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਪਤਨੀ ਜਸਵੀਰ ਕੌਰ, ਪੁੱਤਰ ਜੁਝਾਰ ਸਿੰਘ ਤੇ ਭਰਾ ਜਰਨੈਲ ਸਿੰਘ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਮੋਹਕਮ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।

ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਭਾਈ ਅਮਰੀਕ ਸਿੰਘ ਅਜਨਾਲਾ। -ਫੋਟੋ: ਚਾਨਾ

ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਭਾਈ ਅਮਰੀਕ ਸਿੰਘ ਅਜਨਾਲਾ।

via sikhsangharsh.com

Leave a Comment

This site uses Akismet to reduce spam. Learn how your comment data is processed.